ਵਾਸ਼ਿੰਗਟਨ : ਅਮਰੀਕਾ ‘ਚ ਵਧੇ ਕੋਰੋਨਾ ਵਾਇਰਸ ਦੇ ਕਹਿਰ ਤੋਂ ਬਾਅਦ ਯੂਐਸ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਲਗਾਤਾਰ ਇਸ ਲਈ ਚੀਨ ‘ਤੇ ਦੋਸ਼ ਲਗਾਉਂਦੇ ਰਹੇ ਹਨ, ਪਰ ਸ਼ੁੱਕਰਵਾਰ ਨੂੰ ਟਰੰਪ ਨੇ ਅਚਾਨਕ ਨਰਮੀ ਵਰਤਦੇ ਹੋਏ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਗੱਲਬਾਤ ਕੀਤੀ ਹੈ। ਡੋਨਾਲਡ ਟਰੰਪ ਨੇ ਕਿਹਾ ਕਿ ਸੰਯੁਕਤ ਰਾਸ਼ਟਰ ਅਤੇ ਚੀਨ ਮਿਲ ਕੇ ਇਸ ਵਾਇਰਸ ਨੂੰ ਖਤਮ ਕਰਨ ਲਈ ਕੰਮ ਕਰਨਗੇ। ਸ਼ੁੱਕਰਵਾਰ ਨੂੰ ਡੋਨਾਲਡ ਟਰੰਪ ਨੇ ਟਵੀਟ ਕਰਕੇ ਲਿਖਿਆ, ”ਮੈਂ ਹੁਣੇ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਨਾਲ ਇੱਕ ਸ਼ਾਨਦਾਰ ਗੱਲਬਾਤ ਖ਼ਤਮ ਕੀਤੀ ਹੈ। ਇਸ ਸਮੇਂ ਦੌਰਾਨ ਕੋਰੋਨਾ ਵਾਇਰਸ ਦੇ ਮੁੱਦੇ ‘ਤੇ ਵਿਸਥਾਰ ਨਾਲ ਵਿਚਾਰ ਵਟਾਂਦਰਾ ਕੀਤਾ ਗਿਆ ਹੈ। ਚੀਨ ਨੂੰ ਇਸ ਕੋਰੋਨਾ ਵਾਇਰਸ ਕਾਰਨ ਬਹੁਤ ਜ਼ਿਆਦਾ ਪ੍ਰੇਸ਼ਾਨੀ ਝੱਲਣੀ ਪਈ ਹੈ ਅਤੇ ਹੁਣ ਚੀਨ ਇਸ ਤੋਂ ਉੱਪਰ ਉੱਠ ਗਿਆ ਹੈ। ਅਸੀਂ ਇਕੱਠੇ ਕੰਮ ਕਰ ਰਹੇ ਹਾ। ਚੀਨ ਦਾ ਬਹੁਤ ਸਤਿਕਾਰ ਹੈ।” ਜ਼ਿਕਰਯੋਗ ਹੈ ਕਿ ਅਮਰੀਕਾ ਵਿੱਚ, ਦੁਨੀਆ ਦੇ ਸਭ ਤੋਂ ਜ਼ਿਆਦਾ ਕੋਰੋਨਾ ਵਾਇਰਸ ਨਾਲ ਜੁੜੇ ਕੇਸ ਸਰਗਰਮ ਹਨ। ਸ਼ੁੱਕਰਵਾਰ ਨੂੰ, ਅਮਰੀਕਾ ਵਿੱਚ ਕੋਰੋਨਾ ਵਾਇਰਸ ਦੀ ਗਿਣਤੀ 85 ਹਜ਼ਾਰ ਨੂੰ ਪਾਰ ਕਰ ਗਈ ਹੈ, ਜਿਸ ਵਿੱਚ 80 ਹਜ਼ਾਰ ਤੋਂ ਵੱਧ ਮਾਮਲੇ ਸਰਗਰਮ ਹਨ।