ਸਾਬਕਾ ਕੇਂਦਰੀ ਮੰਤਰੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਅੱਜ ਮੰਗ ਕੀਤੀ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਦੇਸ਼ ਦੀਆਂ ਵੱਖ ਵੱਖ ਜੇਲ੍ਹਾਂ ਵਿਚ ਬੰਦ ਸਿੱਖ ਕੈਦੀਆਂ ਨੁੰ ਤੁਰੰਤ ਰਿਹਾਅ ਕੀਤਾ ਜਾਵੇ। ਬਠਿੰਡਾ ਦੇ ਐਮ ਪੀ, ਜਿਹਨਾਂ ਨੇ ਅੱਜ ਸੰਸਦ ਵਿਚ ਪ੍ਰਸ਼ਨ ਕਾਲ ਦੌਰਾਨ ਇਹ ਮਾਮਲਾ ਚੁੱਕਿਆ, ਨੇ ਸਦਨ ਦੇ ਧਿਆਨ ਵਿਚ ਲਿਆਂਦਾ ਕਿ 1984 ਵਿਚ ਇੰਦਰਾ ਗਾਂਧੀ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਿਰ ਸਾਹਿਬ ’ਤੇ ਹਮਲਾ ਕਰਨ ਤੋਂ ਬਾਅਦ ਕੁਝ ਸਿੱਖ ਭਾਵਨਾਵਾਂ ਵਿਚ ਵਹਿ ਗਏ ਅਤੇ ਕਾਨੁੰਨ ਆਪਣੇ ਹੱਥਾਂ ਵਿਚ ਲੈ ਲਿਆ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਆਪਣੀ ਸਜ਼ਾ ਪੂਰੀ ਕਰ ਚੁੱਕੇ ਇਹਨਾਂ ਸਿੱਖ ਕੈਦੀਆਂ ਦੀ ਰਿਹਾਈ ਦੀ ਮੰਗ ਕਰ ਰਿਹਾ ਹੈ ਕਿਉਂਕਿ 25 ਸਾਲ ਲੰਘਣ ਮਗਰੋਂ ਵੀ ਇਹ ਸਿੱਖ ਕੈਦੀ ਜੇਲ੍ਹਾਂ ਵਿਚ ਹੀ ਬੰਦ ਹਨ।
ਸਰਦਾਰਨੀ ਬਾਦਲ ਨੇ ਸਦਨ ਦੇ ਧਿਆਨ ਵਿਚ ਲਿਆਂਦਾ ਕਿ 2019 ਵਿਚ ਐਨ ਡੀ ਏ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ’ਤੇ 8 ਸਿੱਖ ਕੈਦੀਆਂ ਲਈ ਵਿਸ਼ੇਸ਼ ਸਜ਼ਾ ਮੁਆਫੀ ਦਾ ਐਲਾਨ ਕੀਤਾ ਸੀ। ਉਹਨਾਂ ਕਿਹਾ ਕਿ ਪ੍ਰੋ. ਭੁੱਲਰ ਜਿਹਨਾਂ ਦੀ ਫਾਂਸੀ ਦੀ ਸਜ਼ਾ ਮਾਰਚ 2014 ਵਿਚ ਉਮਰ ਕੈਦ ਵਿਚ ਬਦਲ ਦਿੱਤੀ ਗਈ ਸੀ, ਅਤੇ ਗੁਰਦੀਪ ਸਿੰਘ ਖਹਿਰਾ ਹਾਲੇ ਵੀ ਜੇਲ੍ਹਾਂ ਵਿਚ ਬੰਦ ਹਨ। ਉਹਨਾਂ ਕਿਹਾ ਕਿ ਸਪਸ਼ਟ ਹੁਕਮਾਂ ਦੇ ਬਾਵਜੂਦ ਦਿੱਲੀ ਦੀ ਅਰਵਿੰਦ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਪ੍ਰੋ. ਭੁੱਲਰ ਨੁੰ ਰਿਹਾਅ ਨਹੀਂ ਕਰ ਰਹੀ। ਉਹਨਾਂ ਕਿਹਾ ਕਿ ਇਸੇ ਤਰੀਕੇ ਗੁਰਦੀਪ ਸਿੰਘ ਖਹਿਰਾ 25 ਸਾਲਾਂ ਤੋਂ ਵੱਧ ਸਮੇਂ ਤੋਂ ਬਿਨਾਂ ਪੈਰੋਲ ਦੇ ਕਰਨਾਟਕਾ ਦੀ ਜੇਲ੍ਹ ਵਿਚ ਬੰਦ ਹਨ।
ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਦੀ ਪਟੀਸ਼ਨ ’ਤੇ ਹੋ ਰਹੀ ਅਣਕਿਆਸੀ ਦੇਰੀ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਹੁਣ ਤਾਂ ਸੁਪਰੀਮ ਕੋਰਟ ਨੇ ਵੀ ਕੇਂਦਰ ਸਰਕਾਰ ਨੁੰ ਹਦਾਇਤ ਕੀਤੀ ਹੈ ਕਿ ਉਹ 30 ਅਪ੍ਰੈਲ ਤੱਕ ਭਾਈ ਰਾਜੋਆਣਾ ਦੀ ਰਹਿਮ ਦੀ ਅਪੀਲ ’ਤੇ ਫੈਸਲਾ ਲਵੇ। ਉਹਨਾਂ ਕਿਹਾ ਕਿ ਰਾਜੋਆਣਾ ਪਿਛਲੇ 27 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਅਤੇ ਉਹਨਾਂ ਨੁੰ ਹਾਲ ਹੀ ਵਿਚ ਆਪਣੇ ਪਿਤਾ ਦੇ ਅੰਤਿਮ ਸਸਕਾਰ ਵਿਚ ਸ਼ਾਮਲ ਹੋਣ ਲਈ ਸਿਰਫ ਇਕ ਘੰਟੇ ਦੀ ਪੈਰੋਲ ਦਿੱਤੀ ਗਈ।
ਸਿੱਖ ਭਾਵਨਾਵਾਂ ਦੀ ਗੱਲ ਕਰਦਿਆਂ ਸਰਦਾਰਨੀ ਬਾਦਲ ਨੇ ਕਿਹਾ ਕਿ ਕਾਂਗਰਸ ਪਾਰਟੀ ਦੀਆਂ ਭਾਵਨਾਵਾਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨਾਲ ਜੁੜੀਆਂ ਹਨ ਜਿਸਨੇ ਸ੍ਰੀ ਹਰਿਮੰਦਿਰ ਸਾਹਿਬ ’ਤੇ ਹਮਲਾ ਕੀਤਾ ਜਦੋਂ ਕਿ ਸਮੁੱਚਾ ਸਿੱਖ ਜਗਤ ਸਿੱਖ ਕੈਦੀਆਂ ਦੀ ਛੇਤੀ ਰਿਹਾਈ ਚਾਹੁੰਦਾ ਹੈ। ਉਹਨਾਂ ਕਿਹਾ ਕਿ ਇੰਦਰਾ ਗਾਂਧੀ ਅਤੇ ਰਾਜੀਵ ਗਾਂਧੀ ਦੇ ਹੱਤਿਆਰੇ ਰਿਹਾਅ ਕੀਤੇ ਜਾ ਸਕਦੇ ਹਨ ਤਾਂ ਫਿਰ ਸਿੱਖ ਕੈਦੀਆਂ ਨਾਲ ਵਿਕਤਰਾ ਨਹੀਂ ਹੋਣਾ ਚਾਹੀਦਾ ਜਿਹਨਾਂ ਨੇ ਭਾਵੁਕ ਹੋ ਕੇ ਕਾਰਵਾਈ ਕੀਤੀ।