Punjab

‘ਆਪ’ ਨੂੰ ਰੋਕਣ ਲਈ ਫਿਰ ਆਪਸ ‘ਚ ਰਲੇ ਕਾਂਗਰਸ, ਬਾਦਲ ਤੇ ਭਾਜਪਾ, ਇਸ ਨਾਪਾਕ ਗਠਜੋੜ ਤੋਂ ਸਾਵਧਾਨ ਰਹਿਣ ਪੰਜਾਬੀ : ਭਗਵੰਤ ਮਾਨ

ਆਮ ਆਦਮੀ ਪਾਰਟੀ (ਆਪ) ਦੇ ਮੁੱਖ ਮੰਤਰੀ ਅਹੁਦੇ ਦੇ ਉਮੀਦਵਾਰ ਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਦੋਸ਼ ਲਾਇਆ, ‘ਪੰਜਾਬ ਵਿੱਚ ਉੱਠੀ ਸੱਤਾ ਪਰਿਵਰਤਨ ਦੀ ਲੋਕ ਲਹਿਰ ਨੂੰ ਰੋਕਣ ਲਈ ਕਾਂਗਰਸ, ਭਾਜਪਾ ਤੇ ਅਕਾਲੀ ਦਲ ਬਾਦਲ ਆਪਸ ਵਿੱਚ ਰਲ ਕੇ ਵਿਧਾਨ ਸਭਾ ਦੀਆਂ ਚੋਣਾਂ ਲੜ ਰਹੇ ਹਨ, ਤਾਂਕਿ ਆਮ ਆਦਮੀ ਪਾਰਟੀ ਨੂੰ ਪੰਜਾਬ ਵਿੱਚ ਸਰਕਾਰ ਬਣਾਉਣ ਤੋਂ ਰੋਕਿਆ ਜਾਵੇ ਤੇ ਰਿਵਾਇਤੀ ਸਿਆਸੀ ਪਾਰਟੀਆਂ ਦੀ ਰਾਜ-ਸੱਤਾ ਸਥਾਪਤ ਰੱਖੀ ਜਾਵੇ। ਪਰ ਪੰਜਾਬ ਦੇ ਲੋਕਾਂ ਨੇ ਰਿਵਾਇਤੀ ਸਿਆਸੀ ਪਾਰਟੀਆਂ ਦੀ ਰਾਜ-ਸੱਤਾ ਨੂੰ ਜੜ ਤੋਂ ਪੁੱਟ ਕੇ ‘ਆਪ’ ਦੀ ਸਰਕਾਰ ਸਥਾਪਤ ਕਰਨ ਦਾ ਫ਼ੈਸਲਾ ਕਰ ਲਿਆ ਹੈ, ਜਿਸ ਕਾਰਨ ਸਾਰੇ ਵਿਰੋਧੀ ਦਲ ਬੌਖ਼ਲਾਹਟ ‘ਚ ਆ ਗਏ ਹਨ।’

ਮੰਗਲਵਾਰ ਨੂੰ ਪਾਰਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਰਾਹੀਂ ਭਗਵੰਤ ਮਾਨ ਨੇ ਦਾਅਵਾ ਕੀਤਾ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਲਹਿਰ ਚੱਲ ਰਹੀ ਹੈ, ਪਰ 70 ਸਾਲਾਂ ਤੋਂ ਵਾਰੀ ਬੰਨ੍ਹ ਕੇ ਪੰਜਾਬ ਨੂੰ ਲੁੱਟ ਰਹੇ ਰਿਵਾਇਤੀ ਸਿਆਸੀ ਦਲ ਕਾਂਗਰਸ ਤੇ ਅਕਾਲੀ ਦਲ ਬਾਦਲ ਸਮੇਤ ਭਾਰਤੀ ਜਨਤਾ ਪਾਰਟੀ (ਭਾਜਪਾ) ਰਲ-ਮਿਲ ਕੇ ਆਮ ਆਦਮੀ ਪਾਰਟੀ ਦਾ ਰਾਹ ਰੋਕਣ ਵਿੱਚ ਲੱਗੀਆਂ ਹੋਈਆਂ ਹਨ। ਉਨ੍ਹਾਂ ਸਮੂਹ ਪੰਜਾਬੀਆਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਲੋਟੂ ਪਾਰਟੀਆਂ ਦੇ ਨਾਪਾਕ ਗੱਠਜੋੜ ਤੋਂ ਜ਼ਰੂਰ ਸਾਵਧਾਨ ਰਹਿਣ।

ਮਾਨ ਨੇ ਵਿਧਾਨ ਸਭਾ ਚੋਣਾਂ 2017 ਦਾ ਜ਼ਿਕਰ ਕਰਦਿਆਂ ਦੱਸਿਆ ਕਿ ਉਸ ਸਮੇਂ ਵੀ ਸ਼੍ਰੋਮਣੀ ਅਕਾਲੀ ਦਲ ਬਾਦਲ ਤੇ ਕਾਂਗਰਸ ਪਾਰਟੀ ਨੇ ਦੁਬਈ ਸਮਝੌਤੇ ਤਹਿਤ ਰਲ-ਮਿਲ ਕੇ ਚੋਣਾਂ ਲੜੀਆਂ ਸਨ ਅਤੇ ਇਸੇ ਸਮਝੌਤੇ ਤਹਿਤ ਬਾਦਲਾਂ ਨੂੰ ਜਤਾਉਣ ਲਈ ਲੰਬੀ ਅਤੇ ਜਲਾਲਾਬਾਦ ਤੋਂ ਕੈਪਟਨ ਅਮਰਿੰਦਰ ਸਿੰਘ ਅਤੇ ਰਵਨੀਤ ਸਿੰਘ ਬਿੱਟੂ ਨੂੰ ਕਾਂਗਰਸ ਨੇ ਮੈਦਾਨ ਵਿੱਚ ਉਤਾਰਿਆ ਸੀ। ਉਨ੍ਹਾਂ ਦੱਸਿਆ ਕਿ ਬਾਦਲ ਅਤੇ ਕਾਂਗਰਸ ਵਿਚਕਾਰ ਸਮਝੌਤਾ ਹੋਣ ਦੀ ਪੁਸ਼ਟੀ ਮੀਡੀਆ ਦੇ ਨਾਲ ਨਾਲ ਅਕਾਲੀ ਦਲ ਬਾਦਲ ਦੇ ਰਾਜ ਸਭਾ ਮੈਂਬਰ ਅਤੇ ਸੀਨੀਅਰ ਆਗੂ ਨਰੇਸ਼ ਗੁਜਰਾਲ ਨੇ ਵੀ ਕੀਤੀ ਸੀ।

ਭਗਵੰਤ ਮਾਨ ਨੇ ਕਿਹਾ ਕਿ ਕਾਂਗਰਸ ਪਾਰਟੀ ਤੇ ਸ਼੍ਰੋਮਣੀ ਅਕਾਲੀ ਸਮੇਤ ਭਾਜਪਾ ਦਾ ਗੁਪਤ ਸਮਝੌਤਾ ਕੇਵਲ 2017 ਦੀਆਂ ਚੋਣਾਂ ਤਕ ਸੀਮਤ ਨਹੀਂ ਸੀ, ਸਗੋਂ ਇਨ੍ਹਾਂ ਪਾਰਟੀਆਂ ਦੇ ਕਾਲੇ ਕਾਰਨਾਮਿਆਂ ਨੂੰ ਛੁਪਾਉਣ ਤੇ ਅਦਾਲਤਾਂ ਵਿੱਚ ਚੱਲਦੇ ਕੇਸਾਂ ਨੂੰ ਖ਼ਤਮ ਕਰਾਉਣ ਤਕ ਵੀ ਸੀ, ਜੋ ਅੱਜ ਵੀ ਜਾਰੀ ਹੈ। ਉਨ੍ਹਾਂ ਕਿਹਾ ਕਿ ਗੁਪਤ ਸਮਝੌਤੇ ਤਹਿਤ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਡਰੱਗ ਤਸਕਰੀ ਮਾਮਲੇ ਵਿੱਚ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਕੋਈ ਕਾਰਵਾਈ ਨਹੀਂ ਕੀਤੀ ਸੀ ਅਤੇ ਨਾ ਹੀ ਕੇਂਦਰ ਸਰਕਾਰ ਦੀ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਨੇ ਮਜੀਠੀਆ ਵਿਰੁੱਧ ਕੋਈ ਕਾਰਵਾਈ ਕੀਤੀ ਸੀ। ਇੱਥੋਂ ਤਕ ਕਿ ਪੰਜਾਬ ‘ਚ ਧਾਰਮਿਕ ਗ੍ਰੰਥਾਂ ਦੀਆਂ ਹੋਈਆਂ ਬੇਅਦਬੀਆਂ ਤੇ ਗੋਲੀ ਕਾਂਡ ਬਾਰੇ ਵੀ ਕਾਂਗਰਸ ਦੇ ਕੈਪਟਨ ਅਮਰਿੰਦਰ ਸਿੰਘ ਨੇ ਕੋਈ ਇਨਸਾਫ਼ ਨਹੀਂ ਸੀ ਦਿੱਤਾ।

ਭਗਵੰਤ ਮਾਨ ਨੇ ਕਿਹਾ ਕਿ 2022 ਦੀਆਂ ਵਿਧਾਨ ਸਭਾ ਚੋਣਾਂ ‘ਚ ਹੋ ਰਹੀ ਹਾਰ ਨੂੰ ਦੇਖਦਿਆਂ ਕਾਂਗਰਸ ਪਾਰਟੀ ਤੇ ਸ਼੍ਰੋਮਣੀ ਅਕਾਲੀ ਸਮੇਤ ਭਾਜਪਾ ਨੇ ਫਿਰ ਤੋਂ ਅੰਦਰੂਨੀ ਗਠਜੋੜ ਕਰ ਲਿਆ ਹੈ, ਤਾਂ ਜੋ ਆਮ ਆਦਮੀ ਪਾਰਟੀ ਨੂੰ ਸਰਕਾਰ ਬਣਾਉਣ ਤੋਂ ਰੋਕਿਆ ਜਾਵੇ। ਮਾਨ ਨੇ ਦਾਅਵਾ ਕੀਤਾ ਕਿ ਹੁਣ ਪੰਜਾਬ ਦੇ ਲੋਕ ਰਾਜਸੀ ਤੌਰ ‘ਤੇ ਜਾਗਰੂਕ ਤੇ ਲਾਮਬੰਦ ਹੋ ਗਏ ਹਨ ਤੇ ਉਨ੍ਹਾਂ ਰਿਵਾਇਤੀ ਸਿਆਸੀਆਂ ਪਾਰਟੀਆਂ ਤੋਂ ਨਿਜ਼ਾਤ ਪਾਉਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਬਣਾਉਣ ਦਾ ਨਿਸ਼ਚਾ ਕੀਤਾ ਹੈ।

Related posts

ਚੰਡੀਗੜ੍ਹ ਨੂੰ ਲੈ ਕੇ ਸੁਖਬੀਰ ਬਾਦਲ ਦਾ ਵੱਡਾ ਬਿਆਨ, ਮੁੱਖ ਮੰਤਰੀ ਭਗਵੰਤ ਦੇ ਇਕ ਬਿਆਨ ਨੇ ਰੋਲ ਦਿੱਤੀਆਂ ਸਾਰੀਆਂ ਕੁਰਬਾਨੀਆਂ

Gagan Oberoi

Advanced Canada Workers Benefit: What to Know and How to Claim

Gagan Oberoi

Canada to cover cost of contraception and diabetes drugs

Gagan Oberoi

Leave a Comment