ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਸਰਕਾਰ ਇਨ੍ਹੀਂ ਦਿਨੀਂ ਮੁਸ਼ਕਲ ਦੌਰ ਵਿੱਚੋਂ ਲੰਘ ਰਹੀ ਹੈ। ਉਸ ਵਿਰੁੱਧ ਬੇਭਰੋਸਗੀ ਦਾ ਮਤਾ ਲਿਆਂਦਾ ਗਿਆ ਹੈ। ਉਸ ਦੀ ਸਰਕਾਰ ਕਿਸੇ ਵੇਲੇ ਵੀ ਡਿੱਗ ਸਕਦੀ ਹੈ। ਇਸ ਦੌਰਾਨ, ਪਾਕਿਸਤਾਨ ਦੇ ਗ੍ਰਹਿ ਮੰਤਰੀ ਸ਼ੇਖ ਰਾਸ਼ਿਦ ਅਹਿਮਦ ਨੇ ਮੰਗਲਵਾਰ ਨੂੰ ਐਲਾਨ ਕੀਤਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਅਵਿਸ਼ਵਾਸ ਪ੍ਰਸਤਾਵ ‘ਤੇ ਚਰਚਾ 31 ਮਾਰਚ ਨੂੰ ਨੈਸ਼ਨਲ ਅਸੈਂਬਲੀ ਵਿੱਚ ਸ਼ੁਰੂ ਹੋਵੇਗੀ ਅਤੇ 3 ਅਪ੍ਰੈਲ ਨੂੰ ਇਸ ‘ਤੇ ਵੋਟਿੰਗ ਹੋਵੇਗੀ। ਮੰਤਰੀ ਨੇ ਇਸਲਾਮਾਬਾਦ ਵਿੱਚ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਇਹ ਜਾਣਕਾਰੀ ਦਿੱਤੀ।
PML-Q ਤੇ MQM-P ਵਲੋਂ ਇਮਰਾਨ ਸਰਕਾਰ ਦਾ ਸਮਰਥਨ
ਰਸ਼ੀਦ ਨੇ ਪ੍ਰਧਾਨ ਮੰਤਰੀ ਲਈ ਆਪਣਾ ਸਮਰਥਨ ਦੁਹਰਾਇਆ ਅਤੇ ਅਵਿਸ਼ਵਾਸ ਪ੍ਰਸਤਾਵ ‘ਤੇ ਸੱਤਾਧਾਰੀ ਪੀਟੀਆਈ ਸਰਕਾਰ ਨੂੰ ਸਮਰਥਨ ਦੇਣ ਲਈ ਪੀਐਮਐਲ-ਕਿਊ ਵਿੱਚ ਕਿਸੇ ਵੀ ਝਗੜੇ ਬਾਰੇ ਕਿਸੇ ਵੀ ਰਿਪੋਰਟ ਤੋਂ ਇਨਕਾਰ ਕੀਤਾ। ਇਸ ਦੌਰਾਨ ਰਸ਼ੀਦ ਨੇ ਪੀਐਮਐਲ-ਕਿਊ ਦੇ ਸਟੈਂਡ ਦੀ ਤਾਰੀਫ਼ ਕੀਤੀ ਅਤੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਐਮਕਿਊਐਮ-ਪੀ ਵੀ ਸਰਕਾਰ ਦਾ ਸਮਰਥਨ ਕਰੇਗੀ।
ਇਸ ਦੇ ਨਾਲ ਹੀ ਸ਼ੇਖ ਰਾਸ਼ਿਦ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ ਜੋ ਨਾਪਾਕ ਸਾਜ਼ਿਸ਼ ਰਚ ਰਹੇ ਸਨ। ਉਨ੍ਹਾਂ ਕਿਹਾ ਕਿ ਗ੍ਰਿਫਤਾਰ ਕੀਤੇ ਗਏ ਅੱਤਵਾਦੀਆਂ ‘ਤੇ ਅੱਤਵਾਦ ਵਿਰੋਧੀ ਅਦਾਲਤਾਂ ‘ਚ ਮੁਕੱਦਮਾ ਚਲਾਇਆ ਜਾਵੇਗਾ।
ਪੂਰਾ ਦੇਸ਼ ਇਮਰਾਨ ਦੇ ਨਾਲ ਖੜ੍ਹਾ
ਇਸਲਾਮਾਬਾਦ ਵਿੱਚ ਹੋਏ ਪ੍ਰਦਰਸ਼ਨਾਂ ਬਾਰੇ ਗ੍ਰਹਿ ਮੰਤਰੀ ਨੇ ਕਿਹਾ ਕਿ ਸ਼ਾਂਤਮਈ ਜਨਤਕ ਮੀਟਿੰਗ ਤੋਂ ਬਾਅਦ ਹੁਣ ਸੁਰੱਖਿਆ ਲਈ ਲਗਾਏ ਗਏ ਕੰਟੇਨਰਾਂ ਨੂੰ ਹਟਾ ਦਿੱਤਾ ਗਿਆ ਹੈ ਅਤੇ ਸੜਕਾਂ ਨੂੰ ਆਵਾਜਾਈ ਲਈ ਸਾਫ਼ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਗ੍ਰਹਿ ਮੰਤਰੀ ਰਾਸ਼ਿਦ ਨੇ ਇਹ ਵੀ ਕਿਹਾ ਕਿ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ ਰੈਲੀ ‘ਚ ਭਾਰੀ ਭੀੜ ਇਹ ਦਰਸਾਉਂਦੀ ਹੈ ਕਿ ਪੂਰਾ ਦੇਸ਼ ਉਨ੍ਹਾਂ ਦੇ ਨਾਲ ਖੜ੍ਹਾ ਹੈ।ਜ਼ਿਕਰਯੋਗ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਖਿਲਾਫ ਨੈਸ਼ਨਲ ਅਸੈਂਬਲੀ ਵਿੱਚ ਕੁੱਲ 161 ਵੋਟਾਂ ਨਾਲ ਬੇਭਰੋਸਗੀ ਮਤਾ ਪੇਸ਼ ਕੀਤੇ ਜਾਣ ਤੋਂ ਬਾਅਦ ਕਾਰਵਾਈ 31 ਮਾਰਚ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਵਿਰੋਧੀ ਪਾਰਟੀਆਂ ਵੱਲੋਂ 8 ਮਾਰਚ ਨੂੰ ਬੇਭਰੋਸਗੀ ਮਤਾ ਪੇਸ਼ ਕੀਤਾ ਗਿਆ ਸੀ। ਵਿਰੋਧੀ ਧਿਰ ਨੂੰ ਭਰੋਸਾ ਹੈ ਕਿ ਇਸ ਦਾ ਮਤਾ ਪਾਸ ਹੋ ਜਾਵੇਗਾ ਕਿਉਂਕਿ ਪੀਟੀਆਈ ਦੇ ਕਈ ਵਿਧਾਇਕ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਖ਼ਿਲਾਫ਼ ਖੁੱਲ੍ਹ ਕੇ ਸਾਹਮਣੇ ਆਏ ਹਨ।