ਚੰਡੀਗੜ੍ਹ: ਆਵਾਜਾਈ ਦੀ ਸਮੱਸਿਆ ਸਬੰਧੀ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਵਲੋਂ ਸੰਯੁਕਤ ਕਿਸਾਨ ਮੋਰਚੇ ਨਾਲ ਮੀਟਿੰਗ ਲਈ ਇਕ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਸੀ। ਇਸ ਕੋਰ ਕਮੇਟੀ ਨੇ ਭਲਕੇ ਕਿਸਾਨ ਜਥੇਬੰਦੀਆਂ ਨੂੰ ਮੀਟਿੰਗ ਦਾ ਸੱਦਾ ਦਿੱਤਾ ਸੀ ਪਰ ਕਿਸਾਨ ਜਥੇਬੰਦੀਆਂ ਵਲੋਂ ਇਸ ਤੋਂ ਇਨਕਾਰ ਕਰ ਦਿੱਤਾ ਗਿਆ ਹੈ।
ਮਿਲੀ ਜਾਣਕਾਰੀ ਮੁਤਾਬਕ ਬੀਤੇ ਦਿਨ ਹਰਿਆਣਾ ਦੀ ਕੋਰ ਕਮੇਟੀ ਵਲੋਂ ਕਿਸਾਨ ਜਥੇਬੰਦੀਆਂ ਨੂੰ ਗੱਲਬਾਤ ਦਾ ਸੱਦਾ ਦਿੱਤਾ ਗਿਆ ਸੀ। ਇਸ ਨੂੰ ਲੈ ਕੇ ਅੱਜ 32 ਕਿਸਾਨ ਜਥੇਬੰਦੀਆਂ ਦੀ ਕਈ ਘੰਟਿਆਂ ਤੱਕ ਮੀਟਿੰਗ ਚੱਲੀ। ਇਸ ਬੈਠਕ ਤੋਂ ਬਾਅਦ ਫੈਸਲਾ ਲਿਆ ਗਿਆ ਕਿ ਖੇਤੀ ਬਿੱਲਾਂ ਦੇ ਖਿਲਾਫ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਰਹੇਗਾ ਤੇ ਕੱਲ ਹਰਿਆਣਾ ਸਰਕਾਰ ਦੀ ਕੋਰ ਕਮੇਟੀ ਦੇ ਨਾਲ ਹੋਣ ਵਾਲੀ ਕਿਸਾਨਾਂ ਦੀ ਮੀਟਿੰਗ ਵਿਚ ਕਿਸਾਨ ਨੇਤਾ ਨਹੀਂ ਜਾਣਗੇ। ਇਸ ਦੌਰਾਨ ਕਿਸਾਨਾਂ ਨੇ ਇਹ ਵੀ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮ ਵਿਚ ਉਹ ਪਾਰਟੀ ਨਹੀਂ ਹਨ ਇਸ ਲਈ ਵੀ ਉਹ ਮੀਟਿੰਗ ਵਿਚ ਸ਼ਾਮਲ ਨਹੀਂ ਹੋਣਗੇ।