Punjab

ਕੇਂਦਰ ਸਰਕਾਰ ਦਾ ਸੂਬਾ ਸਰਕਾਰਾਂ ਦੇ ਅਧਿਕਾਰਾਂ ’ਤੇ ਇਕ ਹੋਰ ਹਮਲਾ, ਭਗਵੰਤ ਮਾਨ ਨੇ ਟਵੀਟ ਕਰਕੇ ਦਿੱਤੀ ਚਿਤਾਵਨੀ

ਕੇਂਦਰ ਸਰਕਾਰ ਵੱਲੋਂ ਸੂਬਿਆਂ ਨਾਲ ਸਲਾਹ ਕੀਤੇ ਬਿਨਾਂ ਆਪਹੁਦਰੇ ਢੰਗ ਨਾਲ ਬਿਜਲੀ ਸੋਧ ਬਿੱਲ-2022 ਸੰਸਦ ਵਿਚ ਪੇਸ਼ ਕਰਨ ਦੀ ਜੋਰਦਾਰ ਮੁਖਾਲਫ਼ਤ ਕਰਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਇਸ ਕਦਮ ਨਾਲ ਕੇਂਦਰ ਨੇ ਸੂਬਿਆਂ ਦੇ ਹੱਕਾਂ ਉਤੇ ਇਕ ਹੋਰ ਡਾਕਾ ਮਾਰਿਆ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿਚ ਕੇਂਦਰ ਅਜਿਹੀਆਂ ਚਾਲਾਂ ਨਾਲ ਸੰਘੀ ਢਾਂਚੇ ਦੀਆਂ ਨੀਂਹਾਂ ਨੂੰ ਖੋਖਲਾ ਕਰਨਾ ਚਾਹੁੰਦਾ ਹੈ ਅਤੇ ਆਏ ਦਿਨ ਸੂਬਿਆਂ ਦੇ ਅਧਿਕਾਰਾਂ ਉਤੇ ਛਾਪਾ ਮਾਰਨ ਦੀਆਂ ਲਗਾਤਾਰ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ, “ਕੇਂਦਰ ਸਰਕਾਰ ਸੂਬਿਆਂ ਨੂੰ ਕਠਪੁਤਲੀ ਨਾ ਸਮਝੇ। ਇਨ੍ਹਾਂ ਵਧੀਕੀਆਂ ਦੇ ਖਿਲਾਫ ਅਸੀਂ ਚੁੱਪ ਕਰਕੇ ਨਹੀਂ ਬੈਠਾਂਗੇ। ਆਪਣੇ ਅਧਿਕਾਰਾਂ ਦੀ ਰਾਖੀ ਲਈ ਸੜਕ ਤੋਂ ਲੈ ਕੇ ਸੰਸਦ ਤੱਕ ਲੜਾਈ ਲੜਾਂਗੇ।”

ਭਗਵੰਤ ਮਾਨ ਨੇ ਕਿਹਾ ਕਿ ਬਿਜਲੀ ਸੈਕਟਰ ਨਾਲ ਸਬੰਧਤ ਕੋਈ ਵੀ ਬਿੱਲ ਪੇਸ਼ ਕਰਨ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਸੂਬਿਆਂ ਨਾਲ ਸਲਾਹ-ਮਸ਼ਵਰਾ ਕਰਨਾ ਚਾਹੀਦਾ ਪਰ ਉਸ ਨੇ ਇਸ ਗੱਲ ਦੀ ਭੋਰਾ ਪ੍ਰਵਾਹ ਨਹੀਂ ਕੀਤੀ ਜੋ ਸਿੱਧੇ ਤੌਰ ਉਤੇ ਸੰਘੀ ਢਾਂਚੇ ਉਤੇ ਹਮਲਾ ਹੈ। ਮੁੱਖ ਮੰਤਰੀ ਨੇ ਸਵਾਲ ਕਰਦੇ ਹੋਏ ਕਿਹਾ ਕਿ ਜਦੋਂ ਸੂਬੇ ਆਪਣੇ ਨਾਗਰਿਕਾਂ ਲਈ ਬਿਜਲੀ ਦੀ ਵਿਵਸਥਾ ਆਪਣੇ ਪੱਧਰ ਉਤੇ ਕਰਦੇ ਹਨ ਤਾਂ ਫੇਰ ਉਨ੍ਹਾਂ ਦਾ ਪੱਖ ਕਿਉਂ ਨਹੀਂ ਸੁਣਿਆ ਜਾ ਰਿਹਾ।

ਪੰਜਾਬ ਦੀ ਮਿਸਾਲ ਦਿੰਦੇ ਹੋਏ ਮੁੱਖ ਮੰਤਰੀ ਨੇ ਖਦਸ਼ਾ ਜ਼ਾਹਰ ਕੀਤਾ ਕਿ ਸੂਬੇ ਵਿਚ ਕਿਸਾਨਾਂ ਨੂੰ ਖੇਤੀ ਟਿਊਬਵੈਲਾਂ ਲਈ ਬਿਜਲੀ ਮੁਫ਼ਤ ਦਿੱਤੀ ਜਾ ਰਹੀ ਹੈ ਅਤੇ ਇਸੇ ਤਰ੍ਹਾਂ ਘਰੇਲੂ ਖਪਤਕਾਰਾਂ ਨੂੰ ਵੀ ਮੁਫ਼ਤ ਬਿਜਲੀ ਦੀ ਸਹੂਲਤ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਜੇਕਰ ਕੇਂਦਰ ਸਰਕਾਰ ਆਪਣੀ ਮਨਮਰਜ਼ੀ ਦਾ ਬਿੱਲ ਮੁਲਕ ਵਿਚ ਲਾਗੂ ਕਰ ਦਿੰਦੀ ਹੈ ਤਾਂ ਕਿਸਾਨਾਂ ਦੇ ਨਾਲ-ਨਾਲ ਹੋਰ ਵਰਗਾਂ ਨੂੰ ਬਹੁਤ ਵੱਡਾ ਨੁਕਸਾਨ ਸਹਿਣਾ ਪੈ ਸਕਦਾ ਹੈ।

ਮੁੱਖ ਮੰਤਰੀ ਨੇ ਸੁਚੇਤ ਕਰਦਿਆਂ ਕਿ ਕੇਂਦਰ ਸਰਕਾਰ ਬਿਜਲੀ ਸੋਧ ਬਿੱਲ ਪੇਸ਼ ਕਰਕੇ ਇਕ ਵਾਰ ਫੇਰ ਕਾਲੇ ਖੇਤੀ ਕਾਨੂੰਨਾਂ ਵਾਲੀ ਗਲਤੀ ਦੁਹਰਾਉਣ ਜਾ ਰਹੀ ਹੈ ਅਤੇ ਲੋਕ ਅਜਿਹੀ ਇਕਪਾਸੜ ਕਾਰਵਾਈ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰਨਗੇ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਪਾਸੋਂ ਬਿਜਲੀ ਸੈਕਟਰ ਵਿਚ ਕਿਸੇ ਵੀ ਤਰ੍ਹਾਂ ਦੀ ਤਬਦੀਲੀ ਲਿਆਉਣ ਲਈ ਕਾਨੂੰਨ ਬਣਾਉਣ ਤੋਂ ਪਹਿਲਾਂ ਸਾਰੇ ਸੂਬਿਆਂ ਨੂੰ ਆਪਣਾ ਪੱਖ ਰੱਖਣ ਦਾ ਮੌਕਾ ਦੇਣ ਦੀ ਮੰਗ ਕੀਤੀ।

Related posts

Canadian Trucker Arrested in $16.5M Cocaine Bust at U.S. Border Amid Surge in Drug Seizures

Gagan Oberoi

ਹਰਸਿਮਰਤ ਬਾਦਲ ਨੇ ਵੀ PM ਮੋਦੀ ਦੀ ਅਪੀਲ ‘ਤੇ ਜਗਾਏ ਦੀਵੇ

Gagan Oberoi

ਅੰਮ੍ਰਿਤਸਰ ਤੋਂ ਹਜ਼ੂਰ ਸਾਹਿਬ ਲਈ 3 ਅਗਸਤ ਤੋਂ ਏਅਰ ਇੰਡੀਆ ਦੀ ਮੁੜ ਸ਼ੁਰੂ ਹੋਵੇਗੀ ਉਡਾਣ

Gagan Oberoi

Leave a Comment