ਡਰੱਗਜ਼ ਕੇਸ ‘ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਗ੍ਰਿਫ਼ਤਾਰੀ ‘ਤੇ ਤਿੰਨ ਦਿਨਾਂ ਦੀ ਰੋਕ ਲਗਾਉਣ ਤੋਂ ਬਾਅਦ ਬੁੱਧਵਾਰ ਨੂੰ ਗਣਤੰਤਰ ਦਿਵਸ ‘ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਉਨ੍ਹਾਂ ਕਾਂਗਰਸ ‘ਤੇ ਇਲਜ਼ਾਮ ਲਾਏ ਹਨ। ਉਨ੍ਹਾਂ ਕਿਹਾ ਕਿ ਕਾਂਗਰਸ ਸੰਵਿਧਾਨ ਦਾ ਸਤਿਕਾਰ ਕਰਨ ਦੀ ਗੱਲ ਕਰਦੀ ਹੈ ਪਰ ਉਸ ਨੇ ਗਣਤੰਤਰ ਦਿਵਸ ਤੇ ਸੰਵਿਧਾਨ ਦਾ ਮਜ਼ਾਕ ਉਡਾਇਆ ਹੈ। ਈਡੀ ਵੱਲੋਂ ਸੁਖਪਾਲ ਖਹਿਰਾ ਦਾ ਸਬੰਧ ਉਸ ਮਾਮਲੇ ‘ਚ ਨਸ਼ਾ ਤਸਕਰਾਂ ਨਾਲ ਹੈ ਪਰ ਗ਼ੈਰ-ਜ਼ਮਾਨਤੀ ਵਾਰੰਟ ਹੋਣ ਦੇ ਬਾਵਜੂਦ ਉਸ ਖ਼ਿਲਾਫ਼ ਕਾਰਵਾਈ ਨਹੀਂ ਹੋਈ ਪਰ ਮਜੀਠੀਆ ਖਿਲਾਫ਼ ਕਾਰਵਾਈ ਹੋਈ। ਨਾਲ ਹੀ ਸਾਬਕਾ ਡੀਜੀਪੀ ਸਿਧਾਰਥ ਚਟੋਪਾਧਿਆਏ ‘ਤੇ ਗੈਂਗਸਟਰਾਂ ਨਾਲ ਸਬੰਧ ਹੋਣ ਦਾ ਦੋਸ਼ ਵੀ ਲਗਾਇਆ।
ਮਜੀਠੀਆ ਨੇ ਕਿਹਾ ਕਿ ਗੈਂਗਸਟਰਾਂ ਨਾਲ ਸਬੰਧ ਰੱਖਣ ਵਾਲਾ ਡੀਜੀਪੀ ਪ੍ਰਧਾਨ ਮੰਤਰੀ ਦੀ ਸੁਰੱਖਿਆ ਨਾਲ ਸਮਝੌਤਾ ਕਰ ਸਕਦਾ ਹੈ ਅਤੇ ਡੀਜੀਪੀ ਦੀ ਸ਼ਮੂਲੀਅਤ ਦੀ ਐਨਆਈਏ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜੇਕਰ NIA ਦੀ ਜਾਂਚ ਹੋਈ ਤਾਂ ਨਾਂ ਬਚੇਗਾ ਚੰਨੀ, ਨਾਂ ਗ੍ਰਹਿ ਮੰਤਰੀ ਤੇ ਨਾ ਡੀਜੀਪੀ। ਡੀਜੀਪੀ ਚਟੋਪਾਧਿਆਏ ਤੇ ਇਕ ਗੈਂਗਸਟਰ ਦੀ ਕਾਲ ਰਿਕਾਰਡਿੰਗ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਡੀਜੀਪੀ ਨੇ ਪ੍ਰਧਾਨ ਮੰਤਰੀ ਦੇ ਦੌਰੇ ਤੋਂ ਕੁਝ ਦਿਨ ਪਹਿਲਾਂ ਇੱਕ ਗੈਂਗਸਟਰ ਨਾਲ ਗੱਲਬਾਤ ਕਰਦਿਆਂ ਕਿਹਾ ਸੀ ਕਿ ਅਗਲੇ ਤਿੰਨ-ਚਾਰ ਦਿਨਾਂ ‘ਚ ਮੋਦੀ ਨੂੰ ਵੀ ਸਬਕ ਸਿਖਾ ਦਿਆਂਗੇ।
ਮਜੀਠੀਆ ਦੀ ਗ੍ਰਿਫ਼ਤਾਰੀ ‘ਤੇ ਤਿੰਨ ਦਿਨਾਂ ਦੀ ਰੋਕ
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਡਰੱਗਜ਼ ਮਾਮਲੇ ’ਚ ਫਸੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ ਖ਼ਾਰਜ ਕਰ ਦਿੱਤੀ ਸੀ। ਹਾਲਾਂਕਿ ਹੁਣ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰਨ ਤਕ ਤਿੰਨ ਦਿਨਾਂ ਲਈ ਉਨ੍ਹਾਂ ਨੂੰ ਗ੍ਰਿਫ਼ਤਾਰੀ ਤੋਂ ਰਾਹਤ ਦਿੱਤੀ ਗਈ ਹੈ। ਜਸਟਿਸ ਲੀਜ਼ਾ ਗਿੱਲ ਨੇ ਮੰਗਲਵਾਰ ਨੂੰ 44 ਸਫਿਆਂ ਦੇ ਆਦੇਸ਼ ’ਚ ਕਿਹਾ ਕਿ ਮਜੀਠੀਆ ਵੱਲੋਂ ਅਪੀਲ ਕੀਤੀ ਗਈ ਸੀ ਕਿ ਵਿਧਾਨ ਸਭਾ ਚੋਣਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਅਜਿਹੇ ’ਚ ਉਨ੍ਹਾਂ ਨੂੰ ਹਾਈ ਕੋਰਟ ਦੇ ਇਸ ਫ਼ੈਸਲੇ ਨੂੰ ਸੁਪੀਰਮ ਕੋਰਟ ’ਚ ਚੁਣੌਤੀ ਦਿੰਦੇ ਹੋਏ ਅਪੀਲ ਦਾਇਰ ਕਰਨ ਲਈ ਸੱਤ ਦਿਨਾਂ ਦਾ ਸਮਾਂ ਦਿੱਤਾ ਜਾਵੇ ਤੇ ਇਸ ਦੌਰਾਨ ਉਨ੍ਹਾਂ ਦੀ ਗ੍ਰਿਫ਼ਤਾਰੀ ’ਤੇ ਰੋਕ ਲਗਾਈ ਜਾਵੇ। ਹਾਈ ਕੋਰਟ ਨੇ ਮਜੀਠੀਆ ਦੀ ਗ੍ਰਿਫ਼ਤਾਰੀ ’ਤੇ ਸੱਤ ਦਿਨਾਂ ਦੀ ਬਜਾਏ ਤਿੰਨ ਦਿਨਾਂ ਲਈ ਰੋਕ ਲਗਾਉਂਦੇ ਹੋਏ ਉਨ੍ਹਾਂ ਨੂੰ ਆਦੇਸ਼ ਦਿੱਤੇ ਕਿ ਉਹ ਇਸ ਦੌਰਾਨ ਹਾਈ ਕੋਰਟ ਦੇ ਇਸ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ’ਚ ਅਪੀਲ ਦਾਇਰ ਕਰ ਸਕਦੇ ਹਨ। ਮਜੀਠੀਆ ’ਤੇ ਜਾਂਚ ’ਚ ਸਹਿਯੋਗ ਨਾ ਕਰਨ ਦਾ ਦੋਸ਼ ਹੈ।