National News Punjab

ਪੰਜਾਬੀਆਂ ਲਈ ਖਤਰੇ ਦੀ ਘੰਟੀ! ਮਾਂ ਬੋਲੀ ਪੰਜਾਬੀ ਬਾਰੇ ਹੋਸ਼ ਉਡਾਉਣ ਵਾਲੀ ਅਸਲੀਅਤ ਆਈ ਸਾਹਮਣੇ

ਪੰਜਾਬੀਆਂ ਲਈ ਖਤਰੇ ਦੀ ਘੰਟੀ ਹੈ। ਪੈਸੇ ਦੀ ਦੌੜ ਤੇ ਸਰਕਾਰਾਂ ਦੀ ਨਾਲਾਇਕੀ ਕਰਕੇ ਅਗਲੀਆਂ ਪੀੜ੍ਹੀਆਂ ਮਾਂ ਬੋਲੀ ਤੋਂ ਕੋਹਾਂ ਦੂਰ ਜਾ ਰਹੀਆਂ ਹਨ। ਇੱਕ ਪਾਸੇ ਵੱਡੀ ਗਿਣਤੀ ਪਰਵਾਸ ਕਰਕੇ ਪੰਜਾਬੀ ਆਪਣੀ ਮਾਂ ਬੋਲੀ ਤੋਂ ਦੂਰ ਜਾ ਰਹੇ ਹਨ ਤੇ ਦੂਜੇ ਪਾਸੇ ਮਾੜੇ ਸਿੱਖਿਆ ਪ੍ਰਬੰਧ ਕਰਕੇ ਬੱਚਿਆਂ ਨੂੰ ਮਾਂ ਬੋਲੀ ਪੰਜਾਬੀ ਦੀ ਪੜ੍ਹਾਈ ਹੀ ਚੰਗੀ ਤਰ੍ਹਾਂ ਨਹੀਂ ਕਰਵਾਈ ਜਾ ਰਹੀ। ਇਸ ਬਾਰੇ ਹੋਸ਼ ਉਡਾਉਣ ਵਾਲੀ ਅਸਲੀਅਤ ਸਾਹਮਣੇ ਆਈ ਹੈ।

ਦਰਅਸਲ ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਲਈ ਹੋਈ ਲਿਖਤੀ ਪ੍ਰੀਖਿਆ ’ਚੋਂ ਕਰੀਬ 38 ਫ਼ੀਸਦੀ ਉਮੀਦਵਾਰ ਪੰਜਾਬੀ ’ਚੋਂ ਹੀ ਫ਼ੇਲ੍ਹ ਹੋ ਗਏ। ਇਨ੍ਹਾਂ ਅਕੜਿਆਂ ਨੇ ਸਿੱਖਿਆ ਮਾਹਿਰਾਂ ਦੇ ਹੋਸ਼ ਉਡਾ ਦਿੱਤੇ ਹਨ। ਇਸ ਤੋਂ ਸਪਸ਼ਟ ਹੈ ਕਿ ਸਕੂਲਾਂ ਵਿੱਚ ਖਾਨਾਪੂਰਤੀ ਲਈ ਪੰਜਾਬੀ ਭਾਸ਼ਾ ਪੜ੍ਹਾਈ ਤਾਂ ਜਾ ਰਹੀ ਹੈ ਪਰ ਉਸ ਵੱਲ ਕੋਈ ਖਾਸ ਤਵੱਜੋਂ ਨਹੀਂ ਦਿੱਤੀ ਜਾ ਰਹੀ।

ਹਾਸਲ ਜਾਣਕਾਰੀ ਮੁਤਾਬਕ ਅਧੀਨ ਸੇਵਾਵਾਂ ਚੋਣ ਬੋਰਡ (ਐਸਐਸਐਸ ਬੋਰਡ) ਵੱਲੋਂ ਆਬਕਾਰੀ ਤੇ ਕਰ ਇੰਸਪੈਕਟਰਾਂ ਦੀ ਭਰਤੀ ਲਈ ਲਿਖਤੀ ਪ੍ਰੀਖਿਆ ਲਈ ਗਈ ਹੈ, ਜਿਸ ’ਚ ਪੰਜਾਬੀ ਵਿਸ਼ੇ ਦੀ ਪ੍ਰੀਖਿਆ ਵੀ ਸ਼ਾਮਲ ਸੀ ਤੇ ਪੰਜਾਬੀ ’ਚੋਂ ਘੱਟੋ-ਘੱਟ ਪੰਜਾਹ ਫ਼ੀਸਦੀ ਅੰਕ ਲੈਣੇ ਲਾਜ਼ਮੀ ਸਨ। ਲਿਖਤੀ ਪ੍ਰੀਖਿਆ ਵਿੱਚ ਕੁੱਲ 36,836 ਉਮੀਦਵਾਰ ਬੈਠੇ ਸਨ, ਜਿਨ੍ਹਾਂ ’ਚੋਂ 22,957 ਉਮੀਦਵਾਰਾਂ ਨੇ ਪ੍ਰੀਖਿਆ ਪਾਸ ਕੀਤੀ ਹੈ।

ਹੈਰਾਨੀ ਦੀ ਗੱਲ ਤਾਂ ਇਹ ਹੈ ਕਿ ਇਸ ਪ੍ਰੀਖਿਆ ’ਚੋਂ 13,879 ਉਮੀਦਵਾਰ ਪੰਜਾਬੀ ’ਚੋਂ ਫ਼ੇਲ੍ਹ ਹੋ ਗਏ ਹਨ, ਜਿਨ੍ਹਾਂ ਦੀ ਦਰ 37.67 ਫ਼ੀਸਦੀ ਬਣਦੀ ਹੈ। ਪੰਜਾਬੀ ’ਚੋਂ ਫ਼ੇਲ੍ਹ ਹੋਣ ਕਰਕੇ ਇਹ ਉਮੀਦਵਾਰ ਆਬਕਾਰੀ ਤੇ ਕਰ ਇੰਸਪੈਕਟਰ ਦੀ ਸੂਚੀ ਵਿੱਚ ਸ਼ਾਮਲ ਨਹੀਂ ਹੋ ਸਕੇ। ਆਪਣੀ ਮਾਤ ਭਾਸ਼ਾ ’ਚੋਂ 50 ਫ਼ੀਸਦੀ ਅੰਕ ਵੀ ਹਾਸਲ ਨਾ ਕਰਨ ਵਾਲੇ ਸਿੱਖਿਆ ਢਾਂਚੇ ’ਤੇ ਸਵਾਲ ਖੜ੍ਹੇ ਕਰ ਰਹੇ ਹਨ।

 

ਪ੍ਰੀਖਿਆ ਦੇ ਨਤੀਜੇ ਹੈਰਾਨ ਕਰਨ ਵਾਲੇ ਹਨ, ਜਿਸ ਵਿੱਚ 46 ਉਮੀਦਵਾਰ ਅਜਿਹੇ ਹਨ, ਜਿਹੜੇ 25 ਅੰਕ ਲੈਣ ਦੀ ਬਜਾਏ ਸਿਰਫ਼ ਇੱਕ ਤੋਂ 10 ਅੰਕ ਹੀ ਹਾਸਲ ਕਰ ਸਕੇ। ਇਸੇ ਤਰ੍ਹਾਂ 3678 ਉਮੀਦਵਾਰ 11 ਤੋਂ 20 ਅੰਕ ਹੀ ਲੈ ਸਕੇ ਹਨ। ਕਰੀਬ 10,152 ਉਮੀਦਵਾਰਾਂ ਦੇ ਅੰਕ 20 ਤੋਂ 25 ਅੰਕਾਂ ਦੇ ਦਰਮਿਆਨ ਰਹੇ। ਆਬਕਾਰੀ ਅਤੇ ਕਰ ਇੰਸਪੈਕਟਰ ਦੀ ਪ੍ਰੀਖਿਆ ਦੇਣ ਵਾਲਿਆਂ ਵਿੱਚ 19,457 ਲੜਕੀਆਂ ਵੀ ਹਨ।

ਇਸੇ ਤਰ੍ਹਾਂ ਅਧੀਨ ਸੇਵਾਵਾਂ ਚੋਣ ਬੋਰਡ ਵੱਲੋਂ ਸਟੈਨੋ ਟਾਈਪਿਸਟ ਦੀਆਂ ਅਸਾਮੀਆਂ ਵਾਸਤੇ ਲਈ ਲਿਖਤੀ ਪ੍ਰੀਖਿਆ ਵਿਚ 4627 ਉਮੀਦਵਾਰ ਬੈਠੇ ਸਨ, ਜਿਨ੍ਹਾਂ ’ਚੋਂ 20.38 ਫ਼ੀਸਦੀ ਉਮੀਦਵਾਰ ਪੰਜਾਬੀ ’ਚੋਂ ਫ਼ੇਲ੍ਹ ਹੋ ਗਏ। ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਲਈ ਹੋਈ ਪ੍ਰੀਖਿਆ ’ਚੋਂ 9.20 ਫ਼ੀਸਦੀ ਉਮੀਦਵਾਰ ਪੰਜਾਬੀ ’ਚੋਂ ਫ਼ੇਲ੍ਹ ਹੋਏ ਹਨ। ਲਾਈਵ ਸਟਾਕ ਸੁਪਰਵਾਈਜ਼ਰ ਵਾਸਤੇ ਹੋਈ ਲਿਖਤੀ ਪ੍ਰੀਖਿਆ ’ਚੋਂ 6 ਫ਼ੀਸਦੀ ਉਮੀਦਵਾਰ ਪੰਜਾਬੀ ’ਚੋਂ ਪਾਸ ਨਹੀਂ ਹੋ ਸਕੇ।

Related posts

Jr NTR & Saif’s ‘Devara’ trailer is all about bloodshed, battles and more

Gagan Oberoi

RCMP Probe May Uncover More Layers of India’s Alleged Covert Operations in Canada

Gagan Oberoi

ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਕੋਈ ਗ੍ਰਿਫਤਾਰੀ ਨਹੀਂ ਹੋ ਸਕੀ, ਹੁਣ ਆਪ’ ਸਰਕਾਰ ਨੇ ਨਾਕਾਮੀ ਲੁਕਾਉਣ ਲਈ ਧਰਮਸੋਤ ਖਿਲਾਫ਼ ਕਾਰਵਾਈ ਕੀਤੀ, ਪਰਗਟ ਸਿੰਘ ਦਾ ਤਿੱਖਾ ਵਾਰ

Gagan Oberoi

Leave a Comment