ਦੇਸ਼ ਦੇ ਕਈ ਸੂਬਿਆਂ ਵਿਚ ਕੜਾਕੇ ਦੀ ਠੰਡ ਨੇ ਅਲਵਿਦਾ ਕਹਿ ਦਿੱਤੀ ਹੈ। ਪਰ ਕਈ ਰਾਜਾਂ ਵਿੱਚ ਮੀਂਹ ਨੇ ਲੋਕਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਭਾਰਤੀ ਮੌਸਮ ਵਿਭਾਗ (IMD) ਮੁਤਾਬਕ ਪੱਛਮੀ ਹਿਮਾਲਿਆ ਵੱਲ ਪੱਛਮੀ ਗੜਬੜੀ ਬਣ ਰਹੀ ਹੈ, ਜਿਸ ਕਾਰਨ ਦੇਸ਼ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 19 ਤੋਂ 21 ਫਰਵਰੀ ਦੌਰਾਨ ਪੰਜਾਬ, ਹਰਿਆਣਾ, ਦਿੱਲੀ, ਉੱਤਰ ਪ੍ਰਦੇਸ਼ ਅਤੇ ਰਾਜਸਥਾਨ ਵਿੱਚ ਮੀਂਹ (Weather Update) ਪੈ ਸਕਦਾ ਹੈ, ਜਿਸ ਕਾਰਨ ਹਰਿਆਣਾ-ਪੰਜਾਬ ਦੇ ਬਾਰਡਰਾਂ ਉਤੇ ਬੈਠੇ ਕਿਸਾਨਾਂ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ।
ਦੇਸ਼ ਦੀ ਰਾਜਧਾਨੀ ਦਿੱਲੀ ਦੇ ਮੌਸਮ ਦੀ ਗੱਲ ਕਰੀਏ ਤਾਂ ਇੱਥੇ ਐਤਵਾਰ ਤੋਂ ਬਾਅਦ ਹਲਕੀ ਤਬਦੀਲੀ ਦੇਖਣ ਨੂੰ ਮਿਲ ਸਕਦੀ ਹੈ। ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਸੋਮਵਾਰ ਅਤੇ ਮੰਗਲਵਾਰ ਨੂੰ ਦਿੱਲੀ ਦੇ ਵੱਖ-ਵੱਖ ਸਥਾਨਾਂ ਉਤੇ ਹਲਕੀ ਬਾਰਸ਼ ਹੋ ਸਕਦੀ ਹੈ।
ਮੌਸਮ ਵਿਭਾਗ ਦਾ ਅਨੁਮਾਨ ਹੈ ਕਿ ਸ਼ੁੱਕਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ 26 ਅਤੇ ਘੱਟੋ-ਘੱਟ ਤਾਪਮਾਨ 9 ਡਿਗਰੀ ਸੈਲਸੀਅਸ ਰਹੇਗਾ। ਜਦੋਂ ਕਿ ਹਵਾ ਦੀ ਰਫ਼ਤਾਰ ਚਾਰ ਤੋਂ 12 ਕਿਲੋਮੀਟਰ ਪ੍ਰਤੀ ਘੰਟਾ ਹੋ ਸਕਦੀ ਹੈ। ਇਸ ਦੇ ਨਾਲ ਹੀ ਐਤਵਾਰ ਤੋਂ ਬਾਅਦ ਇਕ ਹੋਰ ਵੈਸਟਰਨ ਡਿਸਟਰਬੈਂਸ ਦਾ ਅਸਰ ਦਿੱਲੀ ਦੇ ਮੌਸਮ ‘ਤੇ ਦੇਖਣ ਨੂੰ ਮਿਲੇਗਾ।