ਚੰਡੀਗੜ੍ਹ,- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੇ ਵੱਖ-ਵੱਖ ਬਾਰਡਰਾਂ ‘ਤੇ ਪਿਛਲੇ ਸਾਢੇ 4 ਮਹੀਨੇ ਤੋਂ ਕਿਸਾਨਾਂ ਦਾ ਅੰਦੋਲਨ ਜਾਰੀ ਹੈ। ਇਸ ਵਿਚਕਾਰ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਕਿਹਾ ਹੈ ਕਿ ਪ੍ਰਦਰਸ਼ਨਕਾਰੀਆਂ ਨੂੰ ਹੁਣ ਆਪਣੇ-ਆਪਣੇ ਘਰਾਂ ਨੂੰ ਪਰਤ ਜਾਣਾ ਚਾਹੀਦਾ ਹੈ।
ਖੱਟਰ ਨੇ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਮਨੁੱਖਤਾ ਦੇ ਅਧਾਰ ‘ਤੇ ਅੰਦੋਲਨ ਨੂੰ ਵਾਪਸ ਲਿਆ ਜਾਵੇ। ਉਨ੍ਹਾਂ ਕਿਹਾ, “ਵਿਰੋਧ ਕਰਨਾ ਹਰੇਕ ਵਿਅਕਤੀ ਦਾ ਸੰਵਿਧਾਨਕ ਅਧਿਕਾਰ ਹੈ। ਜੇਕਰ ਇਹ ਅੰਦੋਲਨ ਸ਼ਾਂਤਮਈ ਤਰੀਕੇ ਨਾਲ ਚੱਲਦਾ ਹੈ ਤਾਂ ਸਰਕਾਰ ਨੂੰ ਕੋਈ ਸਮੱਸਿਆ ਨਹੀਂ ਹੈ। ਪਰ ਕੋਰੋਨਾ ਤੋਂ ਪੈਦਾ ਹੋਈ ਸਥਿਤੀ ਗੰਭੀਰ ਚਿੰਤਾ ਦਾ ਵਿਸ਼ਾ ਹੈ। ਬਿਹਤਰ ਇਹੀ ਹੋਵੇਗਾ ਕਿ ਪ੍ਰਦਰਸ਼ਨਕਾਰੀਆਂ ਨੂੰ ਪ੍ਰਦਰਸ਼ਨ ਖਤਮ ਕਰਕੇ ਸਰਹੱਦਾਂ ਨੂੰ ਖਾਲੀ ਛੱਡ ਦੇਣਾ ਚਾਹੀਦਾ ਹੈ।”
ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਕੋਰੋਨਾ ਮਹਾਂਮਾਰੀ ਦੀ ਸਥਿਤੀ ਦਾ ਜਾਇਜ਼ਾ ਲੈਣ ਲਈ ਇਕ ਮੀਟਿੰਗ ਬੁਲਾਈ ਗਈ ਸੀ। ਜਿਥੇ ਮੁੱਖ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਇਸ ਸਮੇਂ ਲੋਕਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਅਜਿਹੀ ਸਥਿਤੀ ‘ਚ ਵਿਰੋਧ ਕਰਨ ਦਾ ਇਹ ਸਹੀ ਸਮਾਂ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨਾਂ ਨੂੰ ਮਨੁੱਖਤਾ ਦੇ ਅਧਾਰ ‘ਤੇ ਆਪਣਾ ਅੰਦੋਲਨ ਵਾਪਸ ਲੈ ਲੈਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਹਾਲਾਤਾਂ ‘ਚ ਸੁਧਾਰ ਹੋਣ ‘ਤੇ ਉਹ ਆਪਣਾ ਪ੍ਰਦਰਸ਼ਨ ਜਾਰੀ ਰੱਖ ਸਕਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਜ਼ਿਲ੍ਹਾ ਡਿਪਟੀ ਕਮਿਸ਼ਨਰਾਂ ਨੂੰ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨਾਲ ਰਾਬਤਾ ਕਾਇਮ ਕਰਨ ਅਤੇ ਉਨ੍ਹਾਂ ਨੂੰ ਯਕੀਨ ਦਿਵਾਉਣ ਦੇ ਨਿਰਦੇਸ਼ ਵੀ ਦਿੱਤੇ।