ਕੈਲਗਰੀ – ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਨੇ ਭਾਰਤ ਵਿੱਚ ਕਿਸਾਨ ਪ੍ਰਦਰਸ਼ਨਕਾਰੀਆਂ ’ਤੇ ਹੋ ਰਹੇ ਜ਼ੁਲਮ ਦਾ ਮੁੱਦਾ ਵਿਦੇਸ਼ ਮੰਤਰੀ ਮਾਰਕ ਗਾਰਨੋ ਕੋਲ ਚੁੱਕਿਆ ਹੈ। ਸਿੱਖ ਸੰਗਠਨ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ 26 ਜਨਵਰੀ ਨੂੰ ਹੋਈ ਟਰੈਕਟਰ ਪਰੇਡ ਤੋਂ ਬਾਅਦ ਸੈਂਕੜੇ ਕਿਸਾਨ ਲਾਪਤਾ ਹਨ। ਦਿੱਲੀ ਪੁਲਿਸ ਵੱਲੋਂ ਪ੍ਰਦਰਸ਼ਨਕਾਰੀ ਕਿਸਾਨਾਂ ’ਤੇ ਜ਼ੁਲਮ ਢਾਹਿਆ ਜਾ ਰਿਹਾ ਹੈ। ਬਹੁਤ ਸਾਰੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਡੱਕ ਦਿੱਤਾ ਗਿਆ। ਇੱਥੋਂ ਤੱਕ ਕਿ ਪੱਤਰਕਾਰਾਂ ਨੂੰ ਵੀ ਹਿਰਾਸਤ ਵਿੱਚ ਲਿਆ ਗਿਆ ਹੈ। ਸਿੱਖ ਸੰਗਠਨ ਨੇ ਕਿਹਾ ਕਿ ਕੈਨੇਡਾ ਸਰਕਾਰ ਇਸ ਮਾਮਲੇ ਵਿੱਚ ਦਖ਼ਲ ਦੇਵੇ, ਕਿਉਂਕਿ ਮੋਦੀ ਸਰਕਾਰ ਵੱਲੋਂ ਕਿਸਾਨੀ ਮਾਮਲੇ ਵਿੱਚ ਮਨੁੱਖੀ ਅਧਿਕਾਰਾਂ ਦੀ ਉਲੰਘਣ ਕੀਤੀ ਜਾ ਰਹੀ ਹੈ।
ਵਰਲਡ ਸਿੱਖ ਆਰਗੇਨਾਈਜ਼ੇਸ਼ਨ ਆਫ਼ ਕੈਨੇਡਾ ਦੇ ਪ੍ਰਧਾਨ ਤੇਜਿੰਦਰ ਸਿੰਘ ਸਿੱਧੂ ਨੇ ਵਿਦੇਸ਼ ਮੰਤਰੀ ਨੂੰ ਲਿਖੀ ਚਿੱਠੀ ਵਿੱਚ ਕਿਹਾ ਕਿ ਭਾਰਤ ਸਰਕਾਰ ਵੱਲੋਂ ਪਾਸ ਕੀਤੇ ਗਏ ਤਿੰਨ ਨਵੇਂ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਤੇ ਆਪਣੀਆਂ ਹੋਰਨਾਂ ਮੰਗਾਂ ਨੂੰ ਲੈ ਕੇ ਪੰਜਾਬ, ਹਰਿਆਣਾ, ਯੂਪੀ, ਰਾਜਸਥਾਨ ਤੇ ਹੋਰ ਸੂਬਿਆਂ ਦੇ ਕਿਸਾਨ ਸ਼ਾਂਤਮਈ ਤਰੀਕੇ ਨਾਲ ਸੰਘਰਸ਼ ਕਰ ਕਰਦੇ ਆ ਰਹੇ ਹਨ। ਪਿਛਲੇ ਸਾਲ 26 ਨਵੰਬਰ ਤੋਂ ਸਿੰਘੂ, ਟਿਕਰੀ, ਗਾਜ਼ੀਪੁਰ ਬਾਰਡਰ ਸਣੇ ਦਿੱਲੀ ਦੀਆਂ ਸਾਰੀਆਂ ਸਰਹੱਦਾਂ ’ਤੇ ਹੱਡ-ਚੀਰਵੀਂ ਠੰਢ ਦੇ ਬਾਵਜੂਦ ਸੜਕਾਂ ’ਤੇ ਰਾਤਾਂ ਕੱਟ ਰਹੇ ਹਨ। ਕਿਸਾਨ ਆਗੂਆਂ ਦੀ ਕੇਂਦਰੀ ਮੰਤਰੀਆਂ ਨਾਲ ਲਗਭਗ 11 ਮੀਟਿੰਗਾਂ ਹੋ ਚੁੱਕੀਆਂ ਹਨ, ਪਰ ਕੋਈ ਮਸਲਾ ਹੱਲ ਨਹੀਂ ਹੋਇਆ।