ਲਾਹੌਰ ’ਚ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਦੀ ਭੰਨ-ਤੋੜ ਦਾ ਮੁੱਦਾ ਭਖ ਗਿਆ ਹੈ। ਦਿੱਲੀ ਤੋਂ ਲੈ ਕੇ ਪਿਸ਼ਾਵਰ ਤੱਕ ਬੁੱਤ ਤੋੜਨ ਦੀ ਕਾਰਵਾਈ ਦਾ ਵਿਰੋਧ ਹੋ ਰਿਹਾ ਹੈ। ਇੰਗਲੈਂਡ ’ਚ ਲੇਬਰ ਪਾਰਟੀ ਦੇ ਸੰਸਦ ਮੈਂਬਰ ਤਨਮਨਜੀਤ ਸਿੰਘ ਢੇਸੀ ਨੇ ਮਹਾਰਾਜਾ ਰਣਜੀਤ ਸਿੰਘ ਦੇ ਬੁੱਤ ਨੂੰ ਤੋੜਨ ਲਈ ਕੱਟੜਵਾਦੀਆਂ ਨੂੰ ਜ਼ਿੰਮੇਵਾਰ ਦੱਸਦਿਆਂ ਕਿਹਾ ਕਿ ਅਧਿਕਾਰੀ ਇਸ ਦੀ ਮੁਰੰਮਤ ਲਈ ਤੁਰੰਤ ਕਾਰਵਾਈ ਕਰਨ। ਢੇਸੀ ਨੇ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਕੋਈ ਵਿਦੇਸ਼ੀ ਧਾੜਵੀ ਨਹੀਂ ਸੀ। ਉਨ੍ਹਾਂ ਨੇ ਆਪਣੇ ਰਾਜ ’ਚ ਮੁਸਲਮਾਨਾਂ, ਹਿੰਦੂਆਂ, ਈਸਾਈਆਂ ਅਤੇ ਸਿੱਖਾਂ ਨੂੰ ਅਹਿਮ ਅਹੁਦਿਆਂ ’ਤੇ ਤਾਇਨਾਤ ਕੀਤਾ ਹੋਇਆ ਸੀ ਅਤੇ ਉਨ੍ਹਾਂ ਦੇ ਧਾਰਮਿਕ ਅਸਥਾਨਾਂ ਦੀ ਉਸਾਰੀ ਲਈ ਦਾਨ ਦਿੱਤਾ ਜਾਂਦਾ ਸੀ। ਉਨ੍ਹਾਂ ਕਿਹਾ ਕਿ ਮਹਾਰਾਜਾ ਰਣਜੀਤ ਸਿੰਘ ਸਾਰਿਆਂ ਨੂੰ ਬਰਾਬਰ ਦੀ ਨਜ਼ਰ ਨਾਲ ਦੇਖਦੇ ਸਨ ਪਰ ਹੁਣ ਕੁਝ ਸੌੜੇ ਹਿੱਤਾਂ ਵਾਲੇ ਕੱਟੜਪੰਥੀ ਆਪਣੀ ਸਿਆਸਤ ਚਮਕਾਉਣ ਲਈ ਨਾਪਾਕ ਹਰਕਤਾਂ ਕਰ ਰਹੇ ਹਨ। ਹਾਊਸਿੰਗ ਤੇ ਸ਼ਹਿਰੀ ਮਾਮਲਿਆਂ ਤੇ ਪੈਟਰੋਲੀਅਮ ਅਤੇ ਕੁਦਰਤੀ ਗੈਸ ਮਾਮਲਿਆਂ ਬਾਰੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੇ ਮੰਗਲਵਾਰ ਨੂੰ ਟਵੀਟ ਕਰਕੇ ਮਹਾਰਾਜਾ ਰਣਜੀਤ ਸਿੰਘ ਦਾ ਬੁੱਤ ਤੋੜਨ ਦੀ ਸਖ਼ਤ ਨਿੰਦਾ ਕੀਤੀ ਸੀ। ਉਨ੍ਹਾਂ ਕਿਹਾ ਕਿ ਇਹ ਉਪ ਮਹਾਦੀਪ ਦੇ ਸਾਂਝੇ ਇਤਿਹਾਸ ਨੂੰ ਮਿਟਾਉਣ ਦੀ ਕੋਸ਼ਿਸ਼ ਹੈ।