ਜਸਟਿਸ ਆਇਸ਼ਾ ਮਲਿਕ ਨੂੰ ਪਾਕਿਸਤਾਨ ਦੀ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਨਿਯੁਕਤ ਕੀਤਾ ਗਿਆ ਹੈ। ਜਿਸ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਉਨ੍ਹਾਂ ਨੂੰ ਵਧਾਈ ਦਿੱਤੀ ਹੈ। ਪਾਕਿਸਤਾਨੀ ਪ੍ਰਧਾਨ ਮੰਤਰੀ ਨੇ ਕਿਹਾ, ”ਮੈਂ ਜਸਟਿਸ ਆਇਸ਼ਾ ਮਲਿਕ ਨੂੰ ਸੁਪਰੀਮ ਕੋਰਟ ਦੀ ਪਹਿਲੀ ਮਹਿਲਾ ਜੱਜ ਬਣਨ ‘ਤੇ ਵਧਾਈ ਦਿੰਦਾ ਹਾਂ। ਉਨ੍ਹਾਂ ਨੂੰ ਮੇਰੀਆਂ ਸ਼ੁਭਕਾਮਨਾਵਾਂ।” ਇਸ ਤੋਂ ਪਹਿਲਾਂ ਜਸਟਿਸ ਆਇਸ਼ਾ ਮਲਿਕ ਲਾਹੌਰ ਹਾਈ ਕੋਰਟ ‘ਚ ਜਸਟਿਸ ਸੀ। ਅਜਿਹੇ ‘ਚ ਪਾਕਿਸਤਾਨ ਦੇ ਇਤਿਹਾਸ ‘ਚ ਇਹ ਅਹਿਮ ਪਲ ਹੈ। ਇਸ ਸਬੰਧੀ ਕਾਨੂੰਨ ਮੰਤਰਾਲੇ ਨੇ ਸ਼ੁੱਕਰਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ। ਨੋਟੀਫਿਕੇਸ਼ਨ ਮੁਤਾਬਿਕ ਰਾਸ਼ਟਰਪਤੀ ਆਰਿਫ ਅਲਵੀ ਨੇ ਜਸਟਿਸ ਮਲਿਕ ਦੇ ਅਹੁਦੇ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹੁਕਮਾਂ ਵਿੱਚ ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਦੇ ਅਹੁਦੇ ਦੀ ਸਹੁੰ ਚੁੱਕਣ ਦੇ ਨਾਲ ਹੀ ਉਨ੍ਹਾਂ ਦੀ ਨਿਯੁਕਤੀ ਪ੍ਰਭਾਵੀ ਹੋ ਜਾਵੇਗੀ।