ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਕਿ ਅਗਲੇ 10-12 ਦਿਨਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇਕ ਵਾਰ ਫਿਰ ਸਿੱਖ ਆਗੂਆਂ ਨੂੰ ਮਿਲਣ ਜਾ ਰਹੇ ਹਨ। ਲੁਧਿਆਣਾ ‘ਚ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਬੁੱਧਵਾਰ ਨੂੰ ਦੀਪ ਸਿੱਧੂ ਦੇ ਪਰਿਵਾਰ ਨੂੰ ਮਿਲਣ ਪਹੁੰਚੇ ਸਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਿੱਖਾਂ ਦੇ ਲੰਮੇ ਸਮੇਂ ਤੋਂ ਲਟਕਦੇ ਆ ਰਹੇ ਮਸਲਿਆਂ ਨੂੰ ਹੱਲ ਕਰਨਾ ਚਾਹੁੰਦੇ ਹਨ। ਸਿਰਸਾ ਨੇ ਕਿਹਾ ਕਿ ਪਿਛਲੀ ਮੀਟਿੰਗ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਿੱਖ ਆਗੂਆਂ ਨਾਲ ਉਨ੍ਹਾਂ ਦੇ ਮਸਲਿਆਂ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ ਸੀ ਅਤੇ ਹੁਣ ਉਨ੍ਹਾਂ ਦੇ ਹੱਲ ਲਈ ਮੁਲਾਕਾਤ ਕਰਨਗੇ।
ਉਨ੍ਹਾਂ ਕਿਹਾ ਕਿ ਸਿੱਖਾਂ ਦੇ ਮਸਲੇ 1947 ਤੋਂ ਲੈ ਕੇ ਹੁਣ ਤਕ ਹੁੰਦੇ ਆ ਰਹੇ ਹਨ ਪਰ ਅੱਜ ਤਕ ਸਰਕਾਰਾਂ ਨੇ ਇਨ੍ਹਾਂ ਵੱਲ ਕੋਈ ਧਿਆਨ ਨਹੀਂ ਦਿੱਤਾ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਭਾਜਪਾ ਦਾ ਲਗਾਤਾਰ ਵਿਸਥਾਰ ਹੋ ਰਿਹਾ ਹੈ। ਇਸ ਸਮੇਂ ਭਾਜਪਾ ਦੀ ਵੋਟ ਪ੍ਰਤੀਸ਼ਤਤਾ 18 ਤੋਂ 20 ਫੀਸਦੀ ਤੱਕ ਪਹੁੰਚ ਰਹੀ ਹੈ। ਉਨ੍ਹਾਂ ਕਿਹਾ ਕਿ ਭਾਜਪਾ ਦਾ ਮਕਸਦ ਪੰਜਾਬ ਵਿੱਚ ਵੋਟਾਂ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਦੀਆਂ ਸਮੱਸਿਆਵਾਂ ਨੂੰ ਦੂਰ ਕਰਕੇ ਵਿਕਾਸ ਦੇ ਰਾਹ ’ਤੇ ਅੱਗੇ ਵਧਣਾ ਹੈ।