ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁੱਕਰਵਾਰ ਨੂੰ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਟੈਲੀਫੋਨ ‘ਤੇ ਗੱਲਬਾਤ ਕੀਤੀ। ਨਿਊਜ਼ ਏਜੰਸੀ ਏਐਨਆਈ ਦੀ ਰਿਪੋਰਟ ਮੁਤਾਬਕ ਇਸ ਗੱਲਬਾਤ ਦੌਰਾਨ ਦੋਹਾਂ ਨੇਤਾਵਾਂ ਨੇ ਦੁਵੱਲੇ ਵਪਾਰ ਅਤੇ ਵੱਖ-ਵੱਖ ਗਲੋਬਲ ਮੁੱਦਿਆਂ ‘ਤੇ ਚਰਚਾ ਕੀਤੀ ਅਤੇ ਨਾਲ ਹੀ ਪੁਤਿਨ ਦੇ ਭਾਰਤ ਦੌਰੇ ਦੌਰਾਨ ਲਏ ਗਏ ਫੈਸਲਿਆਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ। ਗੌਰਤਲਬ ਹੈ ਕਿ ਇਹ ਗੱਲਬਾਤ ਅਜਿਹੇ ਸਮੇਂ ‘ਚ ਹੋਈ ਹੈ ਜਦੋਂ ਯੂਕਰੇਨ ਸੰਕਟ ਕਾਰਨ ਵਿਸ਼ਵ ਪੱਧਰ ‘ਤੇ ਹੰਗਾਮੇ ਦਾ ਦੌਰ ਚੱਲ ਰਿਹਾ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਗੱਲਬਾਤ ਦੌਰਾਨ ਯੂਕਰੇਨ ਦੀ ਸਥਿਤੀ ‘ਤੇ ਭਾਰਤ ਦੇ ਲੰਬੇ ਸਟੈਂਡ ਨੂੰ ਦੁਹਰਾਇਆ। ਉਨ੍ਹਾਂ ਨੇ ਗੱਲਬਾਤ ਅਤੇ ਕੂਟਨੀਤੀ ਰਾਹੀਂ ਇਸ ਮੁੱਦੇ ਦਾ ਹੱਲ ਲੱਭਣ ਦਾ ਵੀ ਸਮਰਥਨ ਕੀਤਾ। ਭਾਰਤ ਦੇ ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਸਾਂਝੀ ਕੀਤੀ ਗਈ ਜਾਣਕਾਰੀ ਅਨੁਸਾਰ ਟੈਲੀਫ਼ੋਨ ‘ਤੇ ਗੱਲਬਾਤ ਦੌਰਾਨ ਦੋਵਾਂ ਆਗੂਆਂ ਨੇ ਦਸੰਬਰ 2021 ਵਿੱਚ ਰਾਸ਼ਟਰਪਤੀ ਪੁਤਿਨ ਦੀ ਭਾਰਤ ਫੇਰੀ ਦੌਰਾਨ ਲਏ ਫ਼ੈਸਲਿਆਂ ਨੂੰ ਲਾਗੂ ਕਰਨ ਦੀ ਸਮੀਖਿਆ ਕੀਤੀ।